Today’s Hukamnama from Gurdwara Sri Ber Sahib Ji Sultanpur Lodhi



ਮੰਗਲਵਾਰ 13 ਜਨਵਰੀ 2026 (30 ਪੋਹ ਸੰਮਤ 557 ਨਾਨਕਸ਼ਾਹੀ)

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ {ਪੰਨਾ 807-808}

ਪਦਅਰਥ: ਸਹਜ = ਆਤਮਕ ਅਡੋਲਤਾ। ਸਹਜ ਸਮਾਧਿ = ਆਤਮਕ ਅਡੋਲਤਾ ਦੀ ਲੀਨਤਾ, ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ। ਗੁਰਿ = ਗੁਰੂ ਨੇ। ਦੀਨ = ਦੇ ਦਿੱਤੇ। ਸੰਗਿ = ਨਾਲ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਚੀਨ੍ਹ੍ਹ = ਵਿਚਾਰੇ ਹਨ {ਅੱਖਰ ‘ਨ’ ਦੇ ਨਾਲ ਅੱਧਾ ‘ਹ’ ਹੈ}।ਰਹਾਉ।

ਜੈ ਜੈਕਾਰੁ = ਸੋਭਾ ਹੀ ਸੋਭਾ। ਜਗਤ੍ਰ ਮਹਿ = ਜਗਤ ਵਿਚ। ਲੋਚਹਿ = ਲੋਚਦੇ ਹਨ, ਚਾਹੁੰਦੇ ਹਨ। ਸਭਿ = ਸਾਰੇ। ਬਿਘਨੁ = ਰੁਕਾਵਟ।੧।

ਜਾ ਕਾ = ਜਿਸ (ਮਨੁੱਖ) ਦਾ। ਅੰਗੁ = ਪੱਖ। ਗੁਰ ਪਾਸਿ = ਗੁਰੂ ਦੇ ਕੋਲ (ਰਿਹਾਂ) ।੨।

ਅਰਥ: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।

ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ